ਹਰਚਰਨ ਸਿੰਘ ਪਰਹਾਰ ਕੈਲਗਰੀ: ਲੰਘੇ ਵੀਕਐਂਡ ਤੇ 12 ਅਤੇ 13, ਜੂਨ ਨੂੰ ਮਾਸਟਰ ਭਜਨ ਸਿੰਘ ਤੇ ਸਾਥੀਆਂ ਵਲੋਂ ‘ਸ਼ਹੀਦ ਭਗਤ ਸਿੰਘ ਬੁੱਕ ਸੈਂਟਰ’ ਦੇ ਬੈਨਰ ਹੇਠ ਇਸ ਸਾਲ ਦਾ ਦੂਜਾ ਦੋ ਰੋਜ਼ਾ ਪੁਸਤਕ ਮੇਲਾ ‘ਸਿੱਖ ਵਿਰਸਾ ਹਾਲ’ ਵਿੱਚ ਲਗਾਇਆ ਗਿਆ। ਇਸ ਮੌਕੇ ਤੇ ਸੈਂਟਰ ਦੇ ਸੰਚਾਲਕ ਮਾਸਟਰ ਭਜਨ ਸਿੰਘ ਨੇ ਪਾਠਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਕਿਤਾਬਾਂ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਦੇ ਨਾਲ-ਨਾਲ ਆਪਣੇ ਘਰਾਂ ਵਿੱਚ ਮਿੰਨੀ ਲਾਇਬ੍ਰੇਰੀਆਂ ਵੀ ਬਣਾਉਣ ਦੀ ਲੋੜ ਹੈ। ਉਨ੍ਹਾਂ ਪਾਠਕਾਂ ਨੂੰ ਸੁਝਾਅ ਦਿੱਤਾ ਕਿ ਸਾਨੂੰ ਆਪਣੇ ਬੱਚਿਆਂ ਵਿੱਚ ਕਿਤਾਬਾਂ ਪੜ੍ਹਨ ਦਾ ਉਤਸ਼ਾਹ ਪੈਦਾ ਕਰਨਾ ਚਾਹੀਦਾ ਹੈ। ਦੋ ਦਿਨ ਚੱਲੇ ਇਸ ਮੇਲੇ ਵਿੱਚ ਹਰ ਵਰਗ ਦੇ ਪਾਠਕਾਂ ਨੇ ਬੜੇ ਉਤਸ਼ਾਹ ਨਾਲ ਕਿਤਾਬਾਂ ਖਰੀਦੀਆਂ। ਹਰ ਵਾਰ ਦੀ ਤਰ੍ਹਾਂ ਇਸ ਪੁਸਤਕ ਮੇਲੇ ਵਿੱਚ ਵੀ ਪੰਜਾਬੀ, ਹਿੰਦੀ, ਅੰਗਰੇਜੀ ਦੀਆਂ ਸਾਹਿਤਕ, ਰਾਜਨੀਤਕ, ਸਮਾਜਿਕ, ਸਿਹਤ ਸਬੰਧੀ ਕਿਤਾਬਾਂ ਦੇ ਨਾਲ਼-ਨਾਲ਼ ਹੋਰ ਭਾਸ਼ਾਵਾਂ ਵਿਚੋਂ ਪੰਜਾਬੀ ਵਿੱਚ ਅਨੁਵਾਦਕ ਵਿਸ਼ਵ ਪ੍ਰਸਿੱਧ ਪੁਸਤਕਾਂ ਵੀ ਰੱਖੀਆਂ ਗਈਆਂ ਸਨ। ਪਾਠਕਾਂ ਵਲੋਂ ਦਿਖਾਏ ਉਤਸ਼ਾਹ ਨਾਲ ਪ੍ਰਬੰਧਕਾਂ ਦੇ ਹੌਸਲੇ ਵੀ ਬੁਲੰਦ ਹੋਏ ਹਨ ਤੇ ਉਨ੍ਹਾਂ ਵਲੋਂ ਵਾਅਦਾ ਕੀਤਾ ਗਿਆ ਕਿ ਹਰ ਸੰਭਵ ਯਤਨ ਕਰਕੇ ਅੱਗੇ ਤੋਂ ਸਮਾਜਿਕ ਸਰੋਕਾਰਾਂ ਨੂੰ ਸਮਰਪਿਤ ਵਿਗਿਆਨਕ ਤੇ ਅਗਾਂਹਵਧੂ ਸੋਚ ਵਾਲੀਆਂ ਹੋਰ ਕਿਤਾਬਾਂ ਵੀ ਰੱਖੀਆਂ ਜਾਣਗੀਆਂ। ਬੇਸ਼ਕ ਦੋ ਰੋਜ਼ਾ ਪੁਸਤਕ ਮੇਲਾ ਸਮਾਪਤ ਹੋ ਗਿਆ ਸੀ, ਪਰ ਮਾਸਟਰ ਜੀ ਕੋਲ਼ ਕਿਤਾਬਾਂ ਦਾ ਸਟਾਕ ਖਤਮ ਨਹੀਂ ਹੋਇਆ। ਤੁਸੀਂ ਮਾਸਟਰ ਭਜਨ ਸਿੰਘ ਜੀ ਨਾਲ 403-455-4220 ਤੇ ਸੰਪਰਕ ਕਰਕੇ ਉਨ੍ਹਾਂ ਤੋਂ ਆਪਣੇ ਮਨਪਸੰਦ ਦੀਆਂ ਕਿਤਾਬਾਂ ਜਦੋਂ ਮਰਜੀ ਉਨ੍ਹਾਂ ਦੇ ਘਰੋਂ ਜਾ ਕੇ ਖਰੀਦ ਸਕਦੇ ਹੋ ਅਤੇ ਜੇ ਕੋਈ ਕਿਤਾਬ ਸਟਾਕ ਵਿੱਚ ਨਾ ਹੋਵੇ ਤਾਂ ਆਰਡਰ ਵੀ ਕਰ ਸਕਦੇ ਹੋ?